ਸੂਬੇ ਭਰ ਵਿੱਚ ਨਾਈਟ ਕਰਫਿਊ ਲਾਗੂ, ਸਾਰੀਆਂ ਪਾਬੰਦੀਆਂ 30 ਅਪਰੈਲ ਤੱਕ ਕਾਇਮ
ਵਿਆਹਾਂ, ਦਾਹ-ਸਸਕਾਰ ਮੌਕੇ ਅੰਦਰੂਨੀ ਇਕੱਠਾਂ ਦੀ ਗਿਣਤੀ 50 ਤੇ ਬਾਹਰੀ ਗਿਣਤੀ 100 ਤੱਕ ਸੀਮਤ
ਸਰਕਾਰੀ ਦਫਤਰਾਂ ਦੇ ਮੁਲਾਜ਼ਮਾਂ ਲਈ ਮਾਸਕ ਪਾਉਣਾ ਲਾਜ਼ਮੀ
|
ਕੋਵਿਡ ਦੀ ਸਥਿਤੀ ਦੀ ਹਫਤਾਵਾਰੀ ਸਮੀਖਿਆ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ |
ਚੰਡੀਗੜ੍ਹ, 07 ਅਪ੍ਰੈਲ 2021 (ਨਿਊਜ਼ ਟੀਮ): ਸੂਬੇ ਵਿੱਚ ਕੋਵਿਡ ਮਾਮਲਿਆਂ ਦੀ ਵਧਦੀ ਰਫਤਾਰ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ 30 ਅਪਰੈਲ ਤੱਕ ਸਿਆਸੀ ਇਕੱਠਾਂ 'ਤੇ ਪੂਰਨ ਪਾਬੰਦੀ ਲਾਉਣ ਦੇ ਹੁਕਮ ਦਿੱਤੇ ਹਨ ਅਤੇ ਕਿਹਾ ਹੈ ਕਿ ਇਸ ਦੀ ਉਲੰਘਣਾ ਕਰਨ ਵਾਲੇ ਸਮੇਤ ਸਿਆਸੀ ਆਗੂਆਂ 'ਤੇ ਡੀ.ਐਮ.ਏ. ਅਤੇ ਮਹਾਂਮਾਰੀ (ਐਪੀਡੈਮਿਕਸ) ਐਕਟ ਤਹਿਤ ਮੁਕੱਦਮੇ ਦਰਜ ਕੀਤੇ ਜਾਣਗੇ। ਮੁੱਖ ਮੰਤਰੀ ਨੇ ਰਾਤ ਨੂੰ 9 ਵਜੇ ਤੋਂ ਲੈ ਕੇ ਸਵੇਰੇ 5 ਵਜੇ ਤੱਕ ਨਾਈਟ ਕਰਫਿਊ, ਜੋ ਕਿ ਅਜੇ ਤੱਕ 12 ਜ਼ਿਲ੍ਹਿਆਂ ਤੱਕ ਹੀ ਮਹਿਦੂਦ ਸੀ, ਦਾ ਦਾਇਰਾ ਵਧਾਉਂਦੇ ਹੋਏ ਇਸ ਨੂੰ ਪੂਰੇ ਸੂਬੇ ਵਿੱਚ ਲਾਗੂ ਕਰਨ ਦਾ ਐਲਾਨ ਕੀਤਾ ਹੈ ਅਤੇ ਇਸ ਦੇ ਨਾਲ ਹੀ ਅੰਤਿਮ ਰਸਮਾਂ/ਦਾਹ-ਸਸਕਾਰਾਂ/ਵਿਆਹਾਂ ਮੌਕੇ ਹੋਣ ਵਾਲੇ ਅੰਦਰੂਨੀ ਇਕੱਠਾਂ ਲਈ ਵਿਅਕਤੀਆਂ ਦੀ ਗਿਣਤੀ 50 ਅਤੇ ਬਾਹਰੀ ਇਕੱਠਾਂ ਲਈ ਇਹ ਗਿਣਤੀ 100 ਤੱਕ ਸੀਮਤ ਕਰਨ ਦੇ ਵੀ ਹੁਕਮ ਦਿੱਤੇ ਹਨ।